ਨਾਂਦੇੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿੱਚ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਨਾਂਦੇੜ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਇੱਕ ਨਿਹੰਗ ਨੇ ਸੁਖਬੀਰ ਬਾਦਲ ’ਤੇ ਹਮਲਾ ਕੀਤਾ। ਇਸ ਹਮਲੇ ਵਿੱਚ ਉਨ੍ਹਾਂ ਦੇ ਹੱਥ ’ਤੇ ਸੱਟ ਲੱਗੀ ਹੈ। ਉਨ੍ਹਾਂ ਨੂੰ ਇਲਾਜ ਲਈ ਯਸ਼ੋਮਤੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਨਾਂਦੇੜ ਪੁਲਿਸ ਵੱਲੋਂ ਵੀ ਇਸ ਘਟਨਾ ਦੀ ਪੁਸ਼ਟੀ ਕੀਤੀ ਗਈ ਹੈ।
PM ਮੋਦੀ ਨੇ ਹਰਸਿਮਰਤ ਕੌਰ ਬਾਦਲ ਨਾਲ ਕੀਤੀ ਫੋਨ ’ਤੇ ਗੱਲ
ਇਸ ਘਟਨਾ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਸੁਖਬੀਰ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਲਈ।
ਪੁਲਿਸ ਨੇ ਕੀ ਕਿਹਾ?
ਪੁਲਿਸ ਮੁਤਾਬਕ ਸੁਖਬੀਰ ਬਾਦਲ ’ਤੇ ਗੁਰਦੁਆਰਾ ਸਾਹਿਬ ਦੇ ਨੇੜੇ ਹਮਲਾ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਸੁਖਬੀਰ ਬਾਦਲ ਇੱਕ ਇਮਾਰਤ ਦੇ ਅੰਦਰ ਜਾਂਦੇ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਦੇ ਸੱਜੇ ਹੱਥ ’ਤੇ ਕੱਪੜਾ ਬੰਨ੍ਹਿਆ ਹੋਇਆ ਨਜ਼ਰ ਆ ਰਿਹਾ ਹੈ।
ਸੁਰੱਖਿਆ ਕਰਮਚਾਰੀ ਵੀ ਹੋਇਆ ਜ਼ਖ਼ਮੀ
ਇਹ ਹਮਲਾ ਨਾਂਦੇੜ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਦੇ ਇੱਕ ਸੁਰੱਖਿਆ ਕਰਮਚਾਰੀ ਸੰਤੋਸ਼ ਕੇਂਦਰੇ ’ਤੇ ਵੀ ਹਮਲਾ ਕੀਤਾ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ’ਤੇ ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ।
ਪਤਨੀ ਹਰਸਿਮਰਤ ਕੌਰ ਬਾਦਲ ਨਾਲ ਤਖ਼ਤ ਸ੍ਰੀ ਹਜ਼ੂਰ ਸਾਹਿਬ ਗਏ ਸਨ
ਹਮਲੇ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਆਪਣੀ ਪਤਨੀ ਅਤੇ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ। ਹਮਲਾ ਸਵੇਰੇ ਕਰੀਬ 11 ਵਜੇ ਹੋਣ ਦੀ ਜਾਣਕਾਰੀ ਹੈ।
ਮੁੱਖ ਮੰਤਰੀ ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਨੇ ਇਸ ਘਟਨਾ ਸਬੰਧੀ ਨਾਂਦੇੜ ਦੇ ਪੁਲਿਸ ਸੁਪਰਡੈਂਟ ਤੋਂ ਪੂਰੀ ਜਾਣਕਾਰੀ ਮੰਗੀ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਦੱਸਿਆ ਗਿਆ ਕਿ ਘਟਨਾ ਤੋਂ ਤੁਰੰਤ ਬਾਅਦ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਮਲੇ ਪਿੱਛੇ ਦੀ ਅਸਲ ਮਨਸ਼ਾ ਦਾ ਪਤਾ ਲਗਾਉਣ ਲਈ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਪਹਿਲਾਂ ਵੀ ਹੋ ਚੁੱਕਾ ਹੈ ਸੁਖਬੀਰ ਬਾਦਲ ’ਤੇ ਜਾਨਲੇਵਾ ਹਮਲਾ
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੁਖਬੀਰ ਸਿੰਘ ਬਾਦਲ ’ਤੇ ਇਸ ਤਰ੍ਹਾਂ ਦਾ ਹਮਲਾ ਹੋਇਆ ਹੋਵੇ। ਦਸੰਬਰ 2024 ਵਿੱਚ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਵੀ ਉਨ੍ਹਾਂ ’ਤੇ ਜਾਨਲੇਵਾ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ। ਉਸ ਸਮੇਂ ਸੁਖਬੀਰ ਬਾਦਲ ਧਾਰਮਿਕ ਸਜ਼ਾ ਤਹਿਤ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਸਨ। ਉਨ੍ਹਾਂ ’ਤੇ ਨਾਰਾਇਣ ਸਿੰਘ ਚੌੜਾ ਨਾਮਕ ਵਿਅਕਤੀ ਨੇ ਗੋਲੀ ਚਲਾਈ ਸੀ, ਪਰ ਸੁਖਬੀਰ ਬਾਦਲ ਵਾਲ-ਵਾਲ ਬਚ ਗਏ ਸਨ। ਘਟਨਾ ਤੋਂ ਤੁਰੰਤ ਬਾਅਦ ਹਮਲਾਵਰ ਨੂੰ ਕਾਬੂ ਕਰ ਲਿਆ ਗਿਆ ਸੀ।
